ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਸੰਗਰੂਰ, 7 ਜੂਨ- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਤੋਂ ਹਜ਼ਾਰਾਂ ਮਜ਼ਦੂਰਾਂ ਤੇ ਔਰਤਾਂ ਵਲੋਂ ਮੰਗਾਂ ਦੀ ਅਣਦੇਖੀ ਵਿਰੁੱਧ ਅੱਜ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾਈ ਰੋਸ ਧਰਨਾ ਦਿੱਤਾ ਗਿਆ ਅਤੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਜਮਾਤ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਘੋਲਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ। ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਮਜ਼ਦੂਰ ਮੋਰਚੇ ਦੇ ਸੂਬਾਈ ਆਗੂਆਂ ਬਿੱਕਰ ਸਿੰਘ ਹਥੋਆ, ਕ੍ਰਿਸ਼ਨ ਚੌਹਾਨ, ਹਰਮੇਸ਼ ਮਾਲੜੀ, ਭਗਵੰਤ ਸਿੰਘ ਸਮਾਂਓ, ਲਖਵੀਰ ਲੌਂਗੋਵਾਲ, ਦਰਸ਼ਨ ਨਾਹਰ ਤੇ ਤਰਸੇਮ ਪੀਟਰ ਨੇ ਐਲਾਨ ਕੀਤਾ ਕਿ ਜੇਕਰ ਅਜੇ ਵੀ ਸਰਕਾਰ ਨਾ ਜਾਗੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਪ੍ਰਵਾਨ ਕੀਤੀਆਂ ਗਈਆਂ ਮੰਗਾਂ ’ਤੇ ਵੀ ਅਮਲ ਨਹੀਂ ਕੀਤਾ ਗਿਆ। ਬੇਜ਼ਮੀਨੇ ਦਲਿਤ ਮਜ਼ਦੂਰਾਂ ’ਤੇ ਸਮਾਜਿਕ ਜਬਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੱਕ ਮੰਗਦੇ ਲੋਕਾਂ ਦੀ ਜ਼ੁਬਾਨ ਬੰਦ ਕਰਨ ਲਈ ਝੂਠੇ ਕੇਸਾਂ ਤੇ ਜੇਲਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਦਲਿਤ ਮਜ਼ਦੂਰਾਂ ਦੀ ਕੁੱਟਮਾਰ ਅਤੇ ਡੰਮੀ ਬੋਲੀ ਰਾਹੀਂ ਐੱਸਸੀ ਕੋਟੇ ਦੀ ਜ਼ਮੀਨ ਦਾ ਹੱਕ ਖੋਹਣ ਦੀ ਨਿਖੇਧੀ ਕੀਤੀ।

You must be logged in to post a comment Login