ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

ਰੂਪਨਗਰ, 16 ਅਗਸਤ- ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਕਾਰਨ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ ਤੇ ਭਾਜੜਾਂ ਪੈ ਗਈਆਂ ਹਨ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ,ਜਿਸ ਨਾਲ ਲੋਕਾਂ ਦੀਆਂ ਫਸਲਾਂ ਤੇ ਹਰਾ ਚਾਰਾ ਨੁਕਸਾਨੇ ਗਏ ਹਨ। ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਪਾਣੀ ਦਾਖਲ ਹੋਣ ਦਾ ਖਤਰਾ ਪੈਦਾ ਹੋ ਰਿਹਾ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ। ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਧਰ ਸਿਰਸਾ ਨਦੀ ਦੇ ਕਿਨਾਰੇ ਵਸੇ ਪਿੰਡਾਂ ਆਸਪੁਰ, ਅਵਾਨਕੋਟ ਤੇ ਕੋਟਬਾਲਾ ਪਿੰਡਾਂ ਦੇ ਲੋਕਾਂ ਦੀਆਂ ਜ਼ਮੀਨਾਂ ਵਿੱਚ ਇੱਕ ਪਾਸੇ ਸਿਰਸਾ ਨਦੀ ਦਾ ਮਲਬਾ ਕਈ ਕਈ ਫੁੱਟ ਤੱਕ ਚੜ੍ਹਨ ਕਾਰਨ ਫਸਲਾਂ ਬੁਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸਨ ਤੇ ਹੁਣ ਪਿੰਡ ਆਸਪੁਰ ਦੇ ਦੂਜੇ ਬੰਨ੍ਹੇ ਸਥਿਤ ਇਨ੍ਹਾਂ ਪਿੰਡਾਂ ਸਣੇ ਅੱਧੀ ਦਰਜਨ ਹੋਰ ਪਿੰਡਾਂ ਦੀਆਂ ਫਸਲਾਂ ਵਿੱਚ ਸਤਲੁਜ ਦਰਿਆ ਦੇ ਹੜ੍ਹ ਦਾ ਪਾਣੀ ਆ ਗਿਆ ਹੈ।

You must be logged in to post a comment Login