ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ। ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਆ ਹੈ, ‘‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।’’ ਗ਼ੌਰਤਬਲ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਬਾਦਲ ਦੀ ਲੀਡਰਸ਼ਿਪ ਅਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਦਲ ਦੀ ਪ੍ਰਧਾਨਗੀ ਉਤੇ ਸਵਾਲ ਉੱਠ ਰਹੇ ਹਨ। ਅਕਾਲੀ ਦਲ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਨੇ ਸੁਖਬੀਰ ਬਾਦਲ ਤੋਂ ਬਗ਼ਾਵਤ ਕਰਦਿਆਂ ਉਨ੍ਹਾਂ ਤੋਂ ਅਸਤੀਫ਼ਾ ਮੰਗਦਿਆਂ ਅਕਾਲੀ ਦਲ ਸੁਧਾਰ ਲਹਿਰ ਨਾਮੀ ਮੰਚ ਬਣਾ ਲਿਆ ਸੀ ਅਤੇ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਏ ਕਈ ਫ਼ੈਸਲਿਆਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਸੁਖਬੀਰ ਬਾਦਲ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਕੋਲ ਪਹੁੰਚ ਕਰ ਕੇ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

You must be logged in to post a comment Login