ਅੰਮ੍ਰਿਤਸਰ, 13 ਦਸੰਬਰ- ਸ੍ਰੀ ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਅੱਜ ਇੱਥੇ ਖਿਮਾ ਯਾਚਨਾ ਦੀ ਅਰਦਾਸ ਵਾਸਤੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਘੱਤਿਆ ਗਿਆ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਕਾਲੀ ਆਗੂਆਂ ਦੀ ਸਜ਼ਾ ਮੁਆਫ਼ੀ ਬਾਰੇ ਅਰਦਾਸ ਕੀਤੀ ਗਈ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਬਲਵਿੰਦਰ ਸਿੰਘ ਭੂੰਦੜ ਤੇ ਅਕਾਲੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਤਨਖ਼ਾਹ ਮੁਕੰਮਲ ਕਰਨ ਤੋਂ ਬਾਅਦ ਇਹ ਸਮੂਹ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਦੀ ਫਸੀਲ ਦੇ ਸਨਮੁਖ ਪੁੱਜੇ। ਸੁਖਬੀਰ ਸਿੰਘ ਬਾਦਲ ਵੀਲ ਚੇਅਰ ’ਤੇ ਸਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਸੀ।
ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖ਼ਾਹ ਲਾਈ ਗਈ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਖਿਲਾਫ ਲਾਏ ਗਏ ਦੋਸ਼ਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਗਤ ਦੇ ਸਾਹਮਣੇ ਕਬੂਲ ਕੀਤਾ ਸੀ। ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਦੌਰਾਨ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਸਨ ਤਾਂ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਤੇ ਗੋਲੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
You must be logged in to post a comment Login