ਪੁਲੀਸ ਵੱਲੋਂ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੈਂਬਰ ਕਾਬੂ

ਜਲੰਧਰ, 15 ਜਨਵਰੀ : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਡਾਲਾ ਚੌਕ ਨੇੜੇ ਬੁੱਧਵਾਰ ਸਵੇਰੇ ਹੋਈ ਮੁੱਠਭੇੜ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੂੰ ਚਾਰ ਨਾਜਾਇਜ਼ ਹਥਿਆਰਾਂ, ਜ਼ਿੰਦਾ ਕਾਰਤੂਸਾਂ ਅਤੇ ਇੱਕ ਗੱਡੀ ਸਮੇਤ ਕਾਬੂ ਕੀਤਾ ਗਿਆ ਹੈ। ਇਹ ਝੜਪ ਉਸ ਸਮੇਂ ਹੋਈ ਜਦੋਂ ਗੈਂਗ ਦੇ ਮੈਂਬਰ ਕਥਿਤ ਤੌਰ ‘ਤੇ ਜਲੰਧਰ ਵਿੱਚ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਤਾਂ ਉਨ੍ਹਾਂ ਪੁਲੀਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਨੇ ਜਵਾਬੀ ਕਾਰਵਾਈ ਵਿਚ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ, ਜਦਕਿ ਦੂਜੇ ਨੂੰ ਵੀ ਭੱਜਣ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਗ੍ਰਿਫਤਾਰੀਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਮਾਮਲਿਆਂ ਵਿੱਚ ਲੋੜੀਂਦੇ ਸਨ। ਅਸੀਂ ਉਨ੍ਹਾਂ ਦੇ ਵੱਡੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਦੀ ਜਾਂਚ ਕਰ ਰਹੇ ਹਾਂ।” ਦੋਵਾਂ ਮੁਲਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਵੇਂ ਸ਼ਹਿਰ ਵਿੱਚ ਕਿਸੇ ਵੱਡੇ ਅਪਰਾਧ ਦੀ ਸਾਜ਼ਿਸ਼ ਰਚ ਰਹੇ ਸਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਦਾ ਇਲਾਜ ਮੁਕੰਮਲ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਵੇਗੀ। ਇਸ ਬਾਰੇ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ (Director General of Police, Punjab – Gaurav Yadav) ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ਉਤੇ ਪਾਈ ਇਕ ਪੋਸਟ ਵਿਚ ਵੀ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਜਲੰਧਰ ਕਮਿਸ਼ਨਰੇਟ ਪੁਲੀਸ ਦੀ ‘ਵੱਡੀ ਸਫਲਤਾ’ ਕਰਾਰ ਦਿੱਤਾ ਹੈ।

You must be logged in to post a comment Login