ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 23 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਸੱਦ ਲਈ ਹੈ। ਇਹ ਇਕੱਤਰਤਾ 28 ਜਨਵਰੀ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ। ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਸਬੰਧੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਇਕੱਤਰਤਾ ਵਿੱਚ ਅਹਿਮ ਪੰਥਕ ਮਸਲਿਆਂ ਨੂੰ ਵਿਚਾਰਿਆ ਜਾਵੇਗਾ। ਇਸ ਤਰ੍ਹਾਂ ਭਾਵੇਂ ਮੀਟਿੰਗ ਦੇ ਏਜੰਡੇ ਬਾਰੇ ਖੁਲਾਸਾ ਨਹੀਂ ਕੀਤਾ ਗਿਆ, ਪਰ ਚਰਚਾ ਹੈ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ ਇੱਕ ਵੱਡਾ ਮੁੱਦਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂ ਕਈ ਵਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਚੁੱਕੇ ਹਨ ਅਤੇ ਪੱਤਰ ਵੀ ਦੇ ਚੁੱਕੇ ਹਨ। ਉਨ੍ਹਾਂ ਦੀ ਮੰਗ ਹੈ ਕਿ ਦੋ ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਫੈਸਲਿਆਂ ਨੂੰ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਸਬੰਧੀ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਫ਼ੈਸਲੇ ਨੂੰ ਅਣਦੇਖਿਆ ਕਰ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਭਰਤੀ ਮੁਹਿੰਮ 20 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਮਾਮਲੇ ਨੂੰ ਲੈ ਕੇ ਨਰਾਜ਼ ਧੜੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਵੀ ਬੀਤੇ ਕੱਲ੍ਹ ਜਥੇਦਾਰ ਨੂੰ ਮਿਲਣ ਵਾਸਤੇ ਆਇਆ ਸੀ ਅਤੇ ਇੱਕ ਪੱਤਰ ਸੌਂਪ ਕੇ ਗਿਆ ਹੈ। ਇਸ ਪੱਤਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਉਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਵੀ ਗੰਭੀਰ ਦੋਸ਼ ਲਾਏ ਗਏ ਹਨ ਅਤੇ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਖਿਲਾਫ ਕਾਰਵਾਈ ਦੀ ਅਪੀਲ ਕੀਤੀ ਗਈ ਹੈ।

You must be logged in to post a comment Login