‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲ

‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲ

ਪਟਿਆਲਾ, 28 ਜਨਵਰੀ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ ਜਾਰੀ ਰੱਖਣਗੇ। ਉਂਝ ਡੱਲੇਵਾਲ ਨੇ ਕਿਸਾਨ ਫੋਰਮਾਂ ਵੱਲੋਂ ‘ਸਾਂਝਾ ਫਰੰਟ’ ਬਣਾਉਣ ’ਚ ਕੀਤੀ ਜਾ ਰਹੀ ਦੇਰੀ ਉੱਤੇ ਉਜ਼ਰ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਬੈਠਕਾਂ ਕਰਨਾ ਚੰਗਾ ਨਹੀਂ ਹੈ। ਇਹ ਲੋਕਾਂ ਦੀਆਂ ਭਾਵਨਾਵਾਂ ਹਨ ਕਿ ‘ਅਸੀਂ ਮਿਲ ਕੇ ਲੜਾਈ ਲੜੀਏ।’’ਖਨੌਰੀ ਬਾਰਡਰ ਉੱਤੇ 4 ਜਨਵਰੀ ਨੂੰ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨ ਮਗਰੋਂ ਡੱਲੇਵਾਲ ਨੇ ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਵੱਲੋਂ 14 ਫਰਵਰੀ ਲਈ ਦਿੱਤੇ ਗੱਲਬਾਤ ਦੇ ਸੱਦੇ ਮਗਰੋਂ ਸਿਰਫ਼ ਮੈਡੀਕਲ ਏਡ ਲੈਣ ਦੀ ਸਹਿਮਤੀ ਦਿੱਤੀ ਸੀ। ਡੱਲੇਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਉਨ੍ਹਾਂ ਦੀ ਸਿਹਤ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਚੰਡੀਗੜ੍ਹ ਜਾ ਕੇ ਗੱਲਬਾਤ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ। ਕਿਸਾਨ ਆਗੂ ਨੇ ਕਿਹਾ, ‘‘ਮੈਂ ਦੇਸ਼ ਭਰ ਦੇ ਕਿਸਾਨ ਭਾਈਚਾਰੇ, ਜੋ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ਉੱਤੇ ਸਾਡੀ ਹਮਾਇਤ ਕਰ ਰਹੇ ਹਨ, ਨੂੰ ਅਪੀਲ ਕਰਦਾ ਹਾਂ ਕਿ ਉਹ 12 ਫਰਵਰੀ ਨੂੰ ਖਨੌਰੀ ਬਾਰਡਰ ਉੱਤੇ ਪਹੁੰਚਣ, ਕਿਉਂਕਿ ਉਸ ਦਿਨ ਸਾਡੇ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਮੈਂ ਆਸ ਕਰਦਾ ਹਾਂ ਕਿ ਖਨੌਰੀ ਬਾਰਡਰ ਉੱਤੇ ਵੱਡਾ ਇਕੱਠ ਮੈਨੂੰ ਨਵੀਂ ਊਰਜਾ ਦੇਵੇਗਾ ਤੇ ਮੈਨੂੰ ਕੇਂਦਰ ਸਰਕਾਰ ਦੇ ਵਫ਼ਦ ਨਾਲ ਹੋਣ ਵਾਲੀ ਗੱਲਬਾਤ ਵਿਚ ਸਰੀਰਕ ਤੌਰ ’ਤੇ ਮੌਜੂਦ ਰਹਿਣ ਦੀ ਤਾਕਤ ਬਖ਼ਸ਼ੇਗਾ।’’ ਉਨ੍ਹਾਂ ਕਿਹਾ ਕਿ ਫੋਰਮ ਵੱਲੋਂ ਮੋਰਚੇ ਦੀ ਸਫ਼ਲਤਾ ਲਈ ਅਖੰਡ ਪਾਠ ਰੱਖਿਆ ਜਾ ਰਿਹਾ ਹੈ।

You must be logged in to post a comment Login