ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਅੰਮ੍ਰਿਤਸਰ, 10 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸੋਮਵਾਰ ਨੂੰ ਇਥੇ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਦੀ ਇਹ ਮੀਟਿੰਗ ਅੱਜ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਸ਼ੁਰੂ ਹੋਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੇ ਗਏ ਇਸ ਸਬੰਧੀ ਫ਼ੈਸਲੇ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

ਮਿਲੀ ਜਾਣਕਾਰੀ ਦੇ ਮੁਤਾਬਕ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਿਲ ਵਿਰੋਧੀ ਧਿਰ ਨਾਲ ਸਬੰਧਤ ਤਿੰਨ ਮੈਂਬਰਾਂ ਵੱਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਪਰ ਮੀਟਿੰਗ ਵਿੱਚ ਇਹ ਫ਼ੈਸਲਾ ਬਹੁਮਤ ਦੇ ਆਧਾਰ ’ਤੇ ਕੀਤਾ ਗਿਆ। ਇਸ ਸਬੰਧ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੇਸ਼ ਕੀਤੀ ਗਈ ਸੀ, ਜਿਸ ’ਤੇ ਵਿਚਾਰ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਸਾਬਕਾ ਰਿਸ਼ਤੇਦਾਰ ਵੱਲੋਂ ਉਨ੍ਹਾਂ ਦੇ ਖਿਲਾਫ ਗੰਭੀਰ ਦੋਸ਼ ਲਾਏ ਗਏ ਸਨ। ਇਸ ਵਿਅਕਤੀ ਨੇ ਆਪਣੇ ਦੋਸ਼ਾਂ ਸਬੰਧੀ ਇੱਕ ਸ਼ਿਕਾਇਤ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੌਂਪਿਆ ਸੀ।

ਇਸ ਸ਼ਿਕਾਇਤ ਪੱਤਰ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਵਾਸਤੇ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਪਹਿਲਾਂ 15 ਦਿਨ ਦਾ ਸਮਾਂ ਅਤੇ ਬਾਅਦ ਵਿੱਚ ਇੱਕ ਮਹੀਨੇ ਦਾ ਹੋਰ ਸਮਾਂ ਵਧਾ ਦਿੱਤਾ ਗਿਆ ਸੀ। ਜਾਂਚ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਦੀ ਥਾਂ ਇਹ ਸੇਵਾਵਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਸੌਂਪ ਦਿੱਤੀਆਂ ਗਈਆਂ ਸਨ।

You must be logged in to post a comment Login