ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਮਾਰਚ- ਪੰਜਾਬ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਨੂੰ ਖੁਸ਼ ਕਰਨ ਲਈ ਅਹਿਮ ਫ਼ੈਸਲੇ ਲੈਂਦੀ ਜਾਪ ਰਹੀ ਹੈ। ਅੱਜ ਹੋਈ ਕੈਬਨਿਟ ਮੀਟਿੰਗ ਵਿਚ ਸੂਬੇ ਨਾਲ ਸਬੰਧਤ ਸਨਅਤਕਾਰਾਂ ਲਈ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਇਸ ਤਹਿਤ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਲਾਗੂ ਕਰਨ ਲਈ ਮੰਨ ਗਈ ਹੈ। ਇਹ ਉਦਯੋਗਪਤੀਆਂ ਲਈ 200 ਕਰੋੜ ਰੁਪਏ ਦਾ ਬੋਨਸ ਹੋਵੇਗਾ, ਜੋ ਜ਼ਮੀਨ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਆਪਣੇ ਬਕਾਏ ਕਲੀਅਰ ਨਹੀਂ ਕਰ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਮੀਟਿੰਗ ਤੋਂ ਬਾਅਦ ਸੂਬੇ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਰਾਜ ਸਭਾ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਇੱਥੇ ਦਿੱਤੀ। ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਇੰਡਸਟਰੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਸਨਅਤ ਮੰਤਰੀ ਸੌਂਦ ਨੇ ਕਿਹਾ ਕਿ ਇਸ ਨੀਤੀ ਨਾਲ ਲਗਭਗ 1145 ਸਨਅਤਕਾਰਾਂ ਨੂੰ ਲਾਭ ਹੋਵੇਗਾ। ਪਤਾ ਲੱਗਾ ਹੈ ਕਿ ਇਨ੍ਹਾਂ ਸਨਅਤਕਾਰਾਂ ਵੱਲ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ (PSIEC) ਵੱਲੋਂ ਅਲਾਟ ਕੀਤੇ ਪਲਾਟਾਂ ਦਾ 330 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।

You must be logged in to post a comment Login