ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ, 18 ਮਾਰਚ : ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਭਰਤੀ ਦੌਰਾਨ ਸਭ ਤੋਂ ਪਹਿਲੀ ਪਰਚੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਕੱਟੀ ਗਈ ਅਤੇ ਉਸ ਤੋਂ ਬਾਅਦ ਬਾਕੀ ਆਗੂਆਂ ਵੱਲੋਂ ਮੈਂਬਰਸ਼ਿਪ ਭਰਤੀ ਦੀ ਪਰਚੀ ਕਟਵਾਈ ਗਈ। ਭਰਤੀ ਪ੍ਰਕਿਰਿਆ ਦੀ ਆਰੰਭਤਾ ਸਮੇਂ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਬਾਬਾ ਸਰਬਜੋਤ ਸਿੰਘ ਬੇਦੀ, ਪ੍ਰੇਮ ਸਿੰਘ ਚੰਦੂਮਾਜਰਾ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਵੀ ਪੁੱਜੀਆਂ ਹੋਈਆਂ ਸਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰਤੀ ਸਬੰਧੀ ਪੰਜ ਮੈਂਬਰੀ ਕਮੇਟੀ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਵਡਾਲਾ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਮਿਲਣ ਵਾਸਤੇ ਜਾਣਗੇ। ਅਰਦਾਸ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਇਹ ਭਰਤੀ ਸ੍ਰੀ ਅਕਾਲ ਤਖਤ ਦੇ ਆਦੇਸ਼ ਅਨੁਸਾਰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਨਾਂ ਹੇਠ ਹੋਣ ਵਾਲੀ ਭਰਤੀ ਵਾਸਤੇ ਮੈਂਬਰਾਂ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਹ ਭਰਤੀ ਬਿਨਾਂ ਫੀਸ ਦੇ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਇਹ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਭਰਤੀ ਤੋਂ ਬਾਅਦ ਡੈਲੀਗੇਟ ਚੁਣੇ ਜਾਣਗੇ ਅਤੇ ਡੈਲੀਗੇਟ ਪ੍ਰਧਾਨ ਦੀ ਚੋਣ ਕਰਨਗੇ।

You must be logged in to post a comment Login