ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ

ਚੰਡੀਗੜ੍ਹ, 26 ਮਾਰਚ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਪੇਸ਼ ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ 2,30,080 ਕਰੋੜ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਹੋਵੇਗਾ ਤੇ ਹਰੇਕ ਪਰਿਵਾਰ ਨੂੰ ਸਕੀਮ ਦਾ ਲਾਭ ਮਿਲੇਗਾ। ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਬਜਟ ਵਿਚ ਪਹਿਲੀ ਡਰੱਗ ਸੈਂਸਿਜ਼ ਸ਼ੁਰੂ ਕਰਨ ਸਮੇਤ ਹੋਰ ਕਈ ਐਲਾਨ ਕੀਤੇ ਗਏ ਹਨ। ਸਿੱਖਿਆ ਲਈ 12 ਫੀਸਦ ਦੇ ਵਾਧੇ ਨਾਲ 17,975 ਕਰੋੜ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 14524 ਕਰੋੜ ਰੁਪਏ ਤੇ 300 ਯੂਨਿਟ ਮੁਫ਼ਤ ਬਿਜਲੀ ਲਈ 7614 ਕਰੋੜ ਰੱਖੇ ਗਏ ਹਨ। ਖੇਤੀ ਸੈਕਟਰ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰਾਖਵੇਂ ਰੱਖੇ ਗਏ ਹਨ।

ਬਜਟ ਵਿੱਚ ਅੰਕੜਿਆਂ ਦੇ ਹੇਰਫੇਰ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼: ਪਰਗਟ ਸਿੰਘ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਸਿਰ ਇੱਕ ਲੱਖ 20 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੜ੍ਹ ਚੁੱਕਾ ਹੈ ਜੋ ਕਿ ਲਗਾਤਾਰ ਵੱਧ ਰਿਹਾ ਹੈ। ਇਸ ਨਾਲ ਸੂਬੇ ਦੀ ਆਰਥਿਕ ਹਾਲਤ ਲਗਾਤਾਰ ਮਾੜੀ ਹੁੰਦੀ ਜਾ ਰਹੀ ਹੈ। ਇਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਦੇ ਬਜਟ ਵਿੱਚ ਵਾਧੇ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਉਸ ਪਾਸੇ ਵੀ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਘੇਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਕੋਈ ਵੀ ਸੜਕ ਬੰਦ ਨਹੀਂ ਹੈ, ਪਰ ਇਸ ਦੇ ਬਾਵਜੂਦ ਪੁਲੀਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਨਿਖੇਧੀਯੋਗ ਹੈ।

You must be logged in to post a comment Login