ਸਰਬ ਪਾਰਟੀ ਮੀਟਿੰਗ: ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ

ਸਰਬ ਪਾਰਟੀ ਮੀਟਿੰਗ: ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ

ਚੰਡੀਗੜ੍ਹ, 2 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਬ ਪਾਰਟੀ ਮੀਟਿੰਗ ਵਿੱਚ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿਚ ਕਿਹਾ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਤੇ ਇਸ ਮੁੱਦੇ ’ਤੇ ਅਗਲੀ ਰਣਨੀਤੀ ਤੈਅ ਕਰਨ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਹੈ ਅਤੇ ਪਾਰਟੀ ਆਗੂਆਂ ਨੇ ਇਸ ਮਾਮਲੇ ’ਤੇ ਸੁਝਾਅ ਵੀ ਦਿੱਤੇ ਹਨ। ਆਗੂਆਂ ਨੇ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਮਸ਼ਵਰਾ ਵੀ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਬਾਰੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀਐੱਮਬੀ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਗਲਤ ਤਰੀਕਾ ਅਖ਼ਤਿਆਰ ਕੀਤਾ ਹੈ ਅਤੇ ਪੰਜਾਬੀ ਕਦੇ ਵੀ ਧੱਕਾ ਬਰਦਾਸ਼ਤ ਨਹੀਂ ਕਰਦੇ, ਪਿਆਰ ਨਾਲ ਚਾਹੇ ਜੋ ਮਰਜ਼ੀ ਲੈ ਲਵੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ 5 ਮਈ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ । ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੀ ਸਟੇਟ ਯੂਨਿਟ ਇਸ ਮੁੱਦੇ ਤੇ ਸਰਕਾਰ ਨਾਲ ਖੜ੍ਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਇਸ ਮੌਕੇ ਕਿਹਾ ਕਿ ਪਾਣੀਆਂ ਦਾ ਮਸਲਾ ਹਮੇਸ਼ਾ ਕੇਂਦਰ ਨੇ ਹੀ ਉਲਝਾਇਆ ਹੈ ਤੇ ਉਸ ਨੂੰ ਹੀ ਹੱਲ ਕਰਨਾ ਚਾਹੀਦਾ ਹੈ। ਕਾਂਗਰਸ ਨੇਤਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਮੁੱਦੇ ’ਤੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ।

You must be logged in to post a comment Login