ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

ਨਵੀਂ ਦਿੱਲੀ, 15 ਮਈ : ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ1960 ਦੀ ਸੰਧੀ ਰਾਹੀਂ ਨਿਯੰਤ੍ਰਿਤ ਕੀਤੇ ਜਾ ਰਹੇ ਪਾਣੀ ’ਤੇ ਦੇਸ਼ ਦੇ ਕਰੋੜਾਂ ਲੋਕ ਨਿਰਭਰ ਹਨ। ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਇਕ ਦਿਨ ਬਾਅਦ 23 ਅਪਰੈਲ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੇ ਫੈਸਲੇ ਦੇ ਆਧਾਰ ’ਤੇ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਹਮਲੇ ਵਿਚ 26 ਭਾਰਤੀ ਮਾਰੇ ਗਏ ਸਨ।ਇਹ ਅਪੀਲ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਸਈਅਦ ਅਲੀ ਮੁਰਤਜ਼ਾ ਵਲੋਂ ਭਾਰਤ ਦੇ ਜਲ ਸ਼ਕਤੀ ਮੰਤਰਾਲੇ ਦੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੂੰ ਲਿਖੇ ਪੱਤਰ ਵਿੱਚ ਕੀਤੀ ਗਈ ਹੈ। ਭਾਰਤ ਨੇ ਫਿਲਹਾਲ ਇਸ ਪੱਤਰ ’ਤੇ ਰਸਮੀ ਤੌਰ ’ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹਾਲਾਂਕਿ, ਸੂਤਰਾਂ ਨੇ ਕਿਹਾ ਕਿ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਵੱਲੋਂ 23 ਅਪਰੈਲ ਨੂੰ ਪਹਿਲਗਾਮ ਵਿੱਚ ਸੈਲਾਨੀਆਂ ਦੀ ਹੱਤਿਆ ਦੇ ਬਦਲੇ ਵਜੋਂ ਸੰਧੀ ਨੂੰ ਰੋਕਣ ਲਈ ਲਏ ਗਏ ਫੈਸਲੇ ’ਤੇ ਇਸ ਦਾ ਕੋਈ ਅਸਰ ਨਹੀਂ ਹੋਵੇਗਾ। ਸੁਰੱਖਿਆ ਸਬੰਧੀ ਕੈਬਨਿਟ ਕਮੇਟੀ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ ਰੱਦ ਕਰਨ ਸਣੇ ਕਈ ਫ਼ੈਸਲੇ ਲਏ ਸਨ।

You must be logged in to post a comment Login