ਵਿਧਾਨ ਸਭਾ ਸੈਸ਼ਨ: ਬੇਅਦਬੀ ਬਾਰੇ ਬਿਲ ਪੇਸ਼, ਚਰਚਾ ਭਲਕੇ

ਵਿਧਾਨ ਸਭਾ ਸੈਸ਼ਨ: ਬੇਅਦਬੀ ਬਾਰੇ ਬਿਲ ਪੇਸ਼, ਚਰਚਾ ਭਲਕੇ

ਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਸਦਨ ਨੇ ਸਰਬ ਸੰਮਤੀ ਨਾਲ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੋਧ ਬਿੱਲ ਪਾਸ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿੱਲ ਸਦਨ ’ਚ ਪੇਸ਼ ਕੀਤਾ। ਇਹ ਬਿੱਲ ਬਿਨਾਂ ਕਿਸੇ ਬਹਿਸ ਤੋ ਪਾਸ ਹੋ ਗਿਆ ਹੈ। ਉਧਰ ਬਿੱਲ ਪਾਸ ਹੋਣ ਮਗਰੋਂ ਸਦਨ ਇੱਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਬੇਅਦਬੀ ਖ਼ਿਲਾਫ਼ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਦਨ ਵਿਚ ਪੇਸ਼ ਕੀਤਾ। ਇਸ ਬਿਲ ਉਤੇ ਬਹਿਸ ਤੇ ਚਰਚਾ ਭਲਕੇ ਹੋਵੇਗੀ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੂਬੇ ਵਿੱਚ ਹੜ੍ਹਾਂ ਦੀਆਂ ਤਿਆਰੀਆਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਵਿੱਚ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੂਬਾ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਕੀਤੀਆਂ ਗਈਆਂ ਤਿਆਰੀਆਂ ਬਾਰੇ ਸਵਾਲ ਕੀਤਾ। ਇਸ ਦੇ ਜਵਾਬ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੈਮਾਂ ਵਿੱਚ ਇਸ ਵਾਰ ਸਾਲ 2023 ਦੇ ਮੁਕਾਬਲੇ ਪਾਣੀ ਬਹੁਤ ਘੱਟ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹੜਾਂ ਦੀ ਰੋਕਥਾਮ ਲਈ 204 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਪੰਜਾਬ ਦੇ ਸਾਰੇ ਨਦੀ ਤੇ ਨਾਲਿਆਂ ਦੀ ਸਫਾਈ ਕੀਤੀ ਗਈ ਹੈ।

ਮੰਤਰੀ ਮੰਡਲ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ ਦੇ ਦਿੱਤੀ ਹੈ।

‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਸਦਨ ’ਚ ਪੇਸ਼

ਇਸ ਉਪਰੰਤ ਸਦਨ ਦੀ ਕਾਰਵਾਈ ਸ਼ੁਰੂ ਹੋਣ ਉਪਰੰਤ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧ ਦੀ ਰੋਕਥਾਮ ਬਿਲ, 2025 ਪੇਸ਼ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਕਤ ਬਿੱਲ ਤੇ ਦੋ ਘੰਟੇ ਚਰਚਾ ਕਰਵਾਉਣ ਦਾ ਸਮਾਂ ਤੈਅ ਕੀਤਾ। ਜਦੋਂ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਉੱਤੇ 15 ਜੁਲਾਈ ਨੂੰ ਚਰਚਾ ਕਰਵਾਉ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਬਿੱਲ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ।

ਇਸ ਲਈ ਇਸ ਬਿੱਲ ਨੂੰ ਜਲਦਬਾਜ਼ੀ ਵਿੱਚ ਚਰਚਾ ਕਰਨ ਦੀ ਥਾਂ ਗਹਿਰਾਈ ਨਾਲ ਪੜ੍ਹਨ ਤੋਂ ਬਾਅਦ ਚਰਚਾ ਕਰਵਾਈ ਜਾਣੀ ਚਾਹੀਦੀ ਹੈ। ਹਲਾਂਕਿ ਬੇਅਦਬੀ ਬਾਰੇ ਬਿੱਲ ਉੱਤੇ ਚਰਚਾ ਭਲਕੇ (ਮੰਗਲਵਾਰ) ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਸਪੀਕਰ ਨੇ ਸਦਨ ਭਲਕੇ ਸਵੇਰੇ 10 ਵਜੇ ਤੱਕ ਲਈ ਉਠਾ ਦਿੱਤਾ।

 

You must be logged in to post a comment Login