ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਬਾਰੇ ਪੰਜਵੀਂ ਵਾਰ ਆਈ ਈਮੇਲ

ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਬਾਰੇ ਪੰਜਵੀਂ ਵਾਰ ਆਈ ਈਮੇਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਰਾਂ ਨਿਰਾਸ਼ਾ ਪਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਕੀ ਇਹ ਗੁਰੂ ਘਰ ਬਾਰੇ ਸੰਗਤ ਨੂੰ ਭੈਭੀਤ ਕਰਨ ਅਤੇ ਡਰਾਉਣ ਦੀ ਸਾਜਿਸ਼ ਹੈ ,ਤਾਂ ਜੋ ਗੁਰੂ ਘਰ ਵਿਖੇ ਸੰਗਤ ਦੀ ਆਮਦ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਇਸ ਵੇਲੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਪੁੱਜਦੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ਤੇ ਵੀ ਇਹ ਆ ਰਹੀਆਂ ਈਮੇਲ ਦਾ ਸਰੋਤ ਪਤਾ ਕਰਨ ਲਈ ਯਤਨ ਕੀਤੇ ਗਏ ਹਨ, ਇਹ ਵੱਖ ਵੱਖ ਜਾਅਲੀ ਆਈਪੀ ਐਡਰੈਸ ਤੋਂ ਭੇਜੀ ਜਾ ਰਹੀ ਹੈ। ਇੱਕ ਈਮੇਲ ਕੇਰਲਾ ਦੇ ਸੀਐਮ ਅਤੇ ਇੱਕ ਸਾਬਕਾ ਚੀਫ ਜਸਟਿਸ ਦੇ ਆਈਪੀ ਐਡਰੈਸ ਤੋਂ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ਤੇ ਸੁਰੱਖਿਆ ਦੇ ਮੱਦੇ ਨਜ਼ਰ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵੀ ਵਰਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਸਮਾਨ ਦੀ ਜਾਂਚ ਕਰਨ ਵਾਲੇ ਸਕੈਨਰ ਸਥਾਪਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਮੁੜ ਅਪੀਲ ਕੀਤੀ ਕਿ ਅਜਿਹੀਆਂ ਈਮੇਲਜ਼ ਭੇਜਣ ਵਾਲੇ ਦਾ ਜਲਦ ਪਤਾ ਲਗਾਇਆ ਜਾਵੇ।

You must be logged in to post a comment Login