ਲੈਂਡ ਪੂਲਿੰਗ ਨੀਤੀ: ਸੰਯੁਕਤ ਕਿਸਾਨ ਮੋਰਚਾ ਦਿੱਲੀ ਤਰਜ਼ ’ਤੇ ਲੜੇਗਾ ਵੱਡਾ ਅੰਦੋਲਨ

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਦਸ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਦੋਂ ਕਿ ਸੱਤਾਧਾਰੀ ਧਿਰ ਦਾ ਕੋਈ ਵੀ ਪ੍ਰਤੀਨਿਧ ਮੀਟਿੰਗ ’ਚ ਨਹੀਂ ਪੁੱਜਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ਅਤੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਦਾ ਨੋਟੀਫ਼ਿਕੇਸ਼ਨ ਰੱਦ ਕਰਨ ਲਈ ਕਿਹਾ ਗਿਆ। ਇਸ ਦੌਰਾਨ ਫ਼ੈਸਲਾ ਹੋਇਆ ਕਿ ਜੇ ਸੂਬਾ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਲੈਂਡ ਪੂਲਿੰਗ ਨੀਤੀ ਦੀ ਵਾਪਸੀ ਤੱਕ ਅੰਦੋਲਨ ਚੱਲੇਗਾ। ਅਮਰੀਕਾ ਨਾਲ ਸ਼ੁਰੂ ਕੀਤੇ ਜਾ ਰਹੇ ਫ੍ਰੀ ਟਰੇਡ ਸਮਝੌਤੇ ’ਚੋਂ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਣ ਲਈ ਕਿਹਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਇਹ ਵੀ ਮਤਾ ਪਾਸ ਕੀਤਾ ਕਿ ਪਾਣੀਆਂ ਦੇ ਸਮਝੌਤੇ ਰੱਦ ਕੀਤੇ ਜਾਣ ਅਤੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78,79 ਅਤੇ 80 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਕੇ ਪਾਰਲੀਮੈਂਟ ਤੋਂ ਪਾਸ ਕਰਾਇਆ ਜਾਵੇ। ਇਸੇ ਤਰ੍ਹਾਂ ਖੇਤੀ ਨੀਤੀ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਅੱਜ ਮੀਟਿੰਗ ਮਗਰੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।

You must be logged in to post a comment Login