ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨੀ

ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖਿਲਾਫ ਮਹਾਦੋਸ਼ ਲਈ 146 ਸੰਸਦ ਮੈਂਬਰਾਂ ਵੱਲੋਂ ਦਸਤਖਤ ਕੀਤੇ ਗਏ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਹੇਠਲਾ ਸਦਨ ਇਕ ਵਾਰ ਕਾਰਵਾਈ ਮੁਲਤਵੀ ਕੀਤੇ ਜਾਣ ਮਗਰੋਂ ਦੁਪਹਿਰ 12 ਵਜੇ ਮੁੜ ਜੁੜਿਆ ਤਾਂ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਜਸਟਿਸ ਵਰਮਾ ਖਿਲਾਫ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਐਲਾਨ ਕੀਤਾ। ਸਪੀਕਰ ਨੇ ਸਦਨ ਨੂੰ ਦੱਸਿਆ ਕਿ ਮਹਾਦੋਸ਼ ਦੀ ਤਜਵੀਜ਼ ਨੂੰ ਉਦੋਂ ਤੱਕ ਮੁਲਤਵੀ ਰੱਖਿਆ ਜਾਵੇਗਾ ਜਦੋਂ ਤੱਕ ਕਮੇਟੀ ਆਪਣੀ ਰਿਪੋਰਟ ਪੇਸ਼ ਨਹੀਂ ਕਰ ਦਿੰਦੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਮੌਨਸੂਨ ਇਜਲਾਸ ਦੇ ਪਹਿਲੇ ਦਿਨ 21 ਜੁਲਾਈ ਨੂੰ ਕਈ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ।

You must be logged in to post a comment Login