ਚੰਡੀਗੜ੍ਹ, 28 ਅਗਸਤ: ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕਵਾਇਦ ਸ਼ੁਰੂ ਕੀਤੀ ਹੈ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਤੇ ਸਿੱਖਿਆ ਵਿਭਾਗ ਸਕੂਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਵੀ ਕਰ ਰਿਹਾ ਹੈ।ਸ਼ੁਰੂਆਤੀ ਰਿਪੋਰਟਾਂ ਮੁਤਾਬਕ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 300 ਤੋਂ ਵੱਧ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ ਸਕੂਲ ਪ੍ਰਭਾਵਿਤ ਹੋਏ ਹਨ। ਸੂਬਾ ਸਰਕਾਰ ਨੇ ਲੰਘੇ ਦਿਨ 27 ਅਗਸਤ ਤੋਂ 30 ਅਗਸਤ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ। ਰਿਪੋਰਟਾਂ ਮੁਤਾਬਕ ਕਪੂਰਥਲਾ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਫਾਜ਼ਿਲਕਾ ਦੇ ਕਈ ਸਕੂਲ ਹੜ੍ਹ ਦੇ ਪਾਣੀ ਨਾਲ ਡੁੱਬ ਗਏ ਹਨ। ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਉਂਕਿ ਹੜ੍ਹ ਦੇ ਪਾਣੀ ਨਾਲ ਫਰਨੀਚਰ ਅਤੇ ਢਾਂਚਿਆਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ, ਇਸ ਲਈ ਹੜ੍ਹ ਦਾ ਪਾਣੀ ਘਟਣ ਅਤੇ ਕਲਾਸਾਂ ਮੁੜ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਢਾਂਚਾਗਤ ਸੁਰੱਖਿਆ ਜਾਂਚ ਕਰਵਾਉਣੀ ਪਵੇਗੀ।ਸਭ ਤੋਂ ਵੱਧ ਪ੍ਰਭਾਵਿਤ ਸਕੂਲ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ, ਨਵਾਂਸ਼ਹਿਰ ਜ਼ਿਲ੍ਹੇ ਵਿਚ ਹਨ। ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲ ਅਧਿਆਪਕਾਂ ਨੇ ਕਿਹਾ ਕਿ ਸਤਲੁਜ ਵਿੱਚ ਪਾਣੀ ਵਧਣ ਕਾਰਨ ਸਕੂਲਾਂ ਨੂੰ ਜਾਣ ਵਾਲੀਆਂ ਸੜਕਾਂ 2 ਤੋਂ 3 ਫੁੱਟ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਫਾਜ਼ਿਲਕਾ ਦੇ ਇੱਕ ਅਧਿਆਪਕ ਮਹਿੰਦਰ ਕੌਰਿਆਂਵਾਲੀ ਨੇ ਕਿਹਾ, ‘‘ਭਾਵੇਂ ਹੜ੍ਹ ਦਾ ਪਾਣੀ ਸਕੂਲ ਦੇ ਕੁਝ ਹਿੱਸਿਆਂ ਵਿੱਚ ਦਾਖਲ ਨਹੀਂ ਹੋਇਆ ਹੈ, ਫਿਰ ਵੀ ਸਕੂਲ ਪਹੁੰਚ ਤੋਂ ਬਾਹਰ ਹੈ।’’
You must be logged in to post a comment Login