ਮੀਂਹ ਪੈਣ ਦਾ ਸਿਲਸਿਲਾ ਜਾਰੀ; ਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ

ਮੀਂਹ ਪੈਣ ਦਾ ਸਿਲਸਿਲਾ ਜਾਰੀ; ਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ

ਚੰਡੀਗੜ੍ਹ, 1 ਸਤੰਬਰ : ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੰਘੇ ਦਿਨ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਸੂਬੇ ਵਿੱਚ ਹੜ੍ਹਾਂ ਕਰਕੇ ਹਾਲਤ ਹੋਰ ਵੀ ਗੰਭੀਰ ਹੋ ਗਏ ਹਨ। ਇਸ ਸਮੇਂ ਪੰਜਾਬ ਵਿੱਚ ਰਾਵੀ, ਬਿਆਸ ਅਤੇ ਸਤਲੁਜ ਦਰਿਆ ਦੇ ਨਾਲ ਨਾਲ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ। ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਨੂੰ ਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਨੌਂ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੋਪੜ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ’ਚ ਪਹਿਲੀ ਸਤੰਬਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ 2 ਸਤੰਬਰ ਨੂੰ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਲਗਪਗ ਸਾਰੇ ਸ਼ਹਿਰਾਂ ਵਿੱਚ ਲੰਘੀ ਰਾਤ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਨੇ ਸ਼ਹਿਰਾਂ ਨੂੰ ਜਲਥਲ ਕਰਕੇ ਰੱਖ ਦਿੱਤਾ ਹੈ।

You must be logged in to post a comment Login