ਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 9 ਸਤੰਬਰ : ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ ਨੇ ਨੇਪਾਲ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਹ ਨੇਪਾਲ ਵਿੱਚ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।ਭਾਰਤ ਨੇ ਨੇਪਾਲ ਵਿਚਲੇ ਆਪਣੇ ਨਾਗਰਿਕਾਂ ਲਈ ਐਮਰਜੈਂਸੀ ਸੰਪਰਕ ਨੰਬਰ ਜਾਰੀ ਕੀਤੇ ਹਨ, ਜਿੱਥੇ ਕਿਸੇ ਵੀ ਹੰਗਾਮੀ ਹਾਲਾਤ ਜਾਂ ਲੋੜ ਪੈਣ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨੇਪਾਲ ਵਿਚ ਭਾਰਤੀ ਅੰਬੈਸੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਨੇਪਾਲ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਕਿਸੇ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ ਜਾਂ ਸਹਾਇਤਾ ਦੀ ਲੋੜ ਹੈ ਤਾਂ ਸੰਪਰਕ ਲਈ ਕਾਠਮੰਡੂ ਸਥਿਤੀ ਭਾਰਤੀ ਦੂਤਾਵਾਸ ਨਾਲ +977-980 860 2881 ਤੇ +977-981 032 6134 ਟੈਲੀਫੋਨ ਨੰਬਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਬਿਆਨ ਵਿਚ ਭਾਰਤੀ ਨਾਗਰਿਕਾਂ ਨੂੰ ਨੇਪਾਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਹਾਲੀਆ ਅਸ਼ਾਂਤੀ ਦੌਰਾਨ ਕਈ ਨੌਜਵਾਨਾਂ ਦੀਆਂ ਜਾਨਾਂ ਜਾਣ ’ਤੇ ਸਾਨੂੰ ਬਹੁਤ ਦੁੱਖ ਹੈ। ਸਾਡੀਆਂ ਸੰਵੇਦਨਾਂਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ, ਅਤੇ ਅਸੀਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।’’ ਭਾਰਤ ਨੇ ਉਮੀਦ ਜਤਾਈ ਕਿ ਤਣਾਅਪੂਰਨ ਹਾਲਾਤ ਦਾ ਅਮਨ ਅਮਾਨ ਨਾਲ ਨਿਬੇੜਾ ਹੋ ਜਾਵੇਗਾ। ਮੰਤਰਾਲੇ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

You must be logged in to post a comment Login