ਪੀਸੀਬੀ ਵੱਲੋਂ ਮੈਚ ਰੈਫਰੀ ਪਾਇਕ੍ਰਾਫਟ ਨੂੰ ਹਟਾਉਣ ਦੀ ਮੰਗ

ਪੀਸੀਬੀ ਵੱਲੋਂ ਮੈਚ ਰੈਫਰੀ ਪਾਇਕ੍ਰਾਫਟ ਨੂੰ ਹਟਾਉਣ ਦੀ ਮੰਗ

ਦੁਬਈ, 16 ਸਤੰਬਰ : ਏਸ਼ੀਆ ਕੱਪ ਦੇ ਐਤਵਾਰ ਨੂੰ ਖੇਡੇ ਮੈਚ ਮਗਰੋਂ ਭਾਰਤੀ ਟੀਮ ਵੱਲੋਂ ਪਾਕਿਸਤਾਨੀ ਟੀਮ ਨਾਲ ਹੱਥ ਨਾ ਮਿਲਾਉਣ ਦੇ ਫੈਸਲੇ ਨਾਲ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਗੁੱਸੇ ਵਿੱਚ ਆ ਕੇ ਇਸ ਲਈ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ। ਐਤਵਾਰ ਨੂੰ ਟੀਮ ਦੀ ਸੱਤ ਵਿਕਟਾਂ ਨਾਲ ਜਿੱਤ ਤੋਂ ਬਾਅਦ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟੀਮ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਣ ਲਈ ਸੀ। ਇਸ ਹਮਲੇ ਵਿੱਚ ਪਾਕਿਸਤਾਨ ਸਥਿਤ ਅਤਿਵਾਦੀਆਂ ਨੇ 26 ਸੈਲਾਨੀਆਂ ਨੂੰ ਮਾਰ ਦਿੱਤਾ ਸੀ। ਭਾਰਤੀ ਕ੍ਰਿਕਟ ਟੀਮ ਨੂੰ ਪਾਕਿਸਤਾਨ ਵਿਰੁੱਧ ਖੇਡਣ ਲਈ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਪੀਸੀਬੀ ਦੇ ਇਸ ਬਿਆਨ ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਅਜੇ ਤੱਕ ਅਧਿਕਾਰਤ ਤੌਰ ’ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਸਮੁੱਚੇ ਘਟਨਾਕ੍ਰਮ ’ਤੇ ਨਾਰਾਜ਼ਗੀ ਜਤਾਉਂਦਿਆਂ ਏਸ਼ਿਆਈ ਕ੍ਰਿਕਟ ਕੌਂਸਲ (ACC) ਕੋਲ ਸ਼ਿਕਾਇਤ ਕੀਤੀ ਤੇ ਹੁਣ ਕੌਮਾਂਤਰੀ ਕ੍ਰਿਕਟ ਕੌਂਸਲ (ICC) ਦੇ ਦਖ਼ਲ ਦੀ ਮੰਗ ਕੀਤੀ ਹੈ। ਪਾਕਿਸਤਾਨੀ ਮੀਡੀਆ ਵਿਚ ਆਈਆਂ ਖ਼ਬਰਾਂ ਮੁਤਾਬਕ ਪਾਇਕ੍ਰਾਫਟ ਨੂੰ ਨਾ ਹਟਾਇਆ ਗਿਆ ਤਾਂ ਪਾਕਿਸਤਾਨ ਨੇ ਟੂਰਨਾਮੈਂਟ ’ਚੋਂ ਲਾਂਭੇ ਹੋਣ ਦੀ ਧਮਕੀ ਦਿੱਤੀ ਹੈ। ਪੀਸੀਬੀ ਪ੍ਰਮੁੱਖ ਮੋਹਸਿਨ ਨਕਵੀ ਦੇ ਮੌਜੂਦਾ ਸਮੇਂ ਏਸੀਸੀ ਦਾ ਮੁਖੀ ਹੋਣ ਦੇ ਨਾਤੇ ਅਜਿਹਾ ਕਰਨਾ ਅਸੰਭਵ ਲੱਗਦਾ ਹੈ।

You must be logged in to post a comment Login