ਲਾਹੌਰ,7 ਅਕਤੂਬਰ : ਪਾਕਿਸਤਾਨੀ ਅਧਿਕਾਰੀਆਂ ਨੇ ਅਗਲੇ ਮਹੀਨੇ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵਤਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਿੱਚ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਔਕਾਫ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਾਜਿਦ ਮਹਿਮੂਦ ਚੌਹਾਨ, ਪੰਜਾਬ ਗ੍ਰਹਿ ਵਿਭਾਗ ਦੇ ਸਕੱਤਰ ਅਹਿਮਦ ਜਾਵੇਦ ਕਾਜ਼ੀ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਈ.ਟੀ.ਪੀ.ਬੀ. ਦੇ ਬੁਲਾਰੇ ਗੁਲਾਮ ਮੋਹੀਉਦੀਨ ਨੇ ਦੱਸਿਆ, “ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਰਧਾਲੂਆਂ ਲਈ ਪੁਖਤਾ ਸੁਰੱਖਿਆ, ਮੈਡੀਕਲ ਸਹੂਲਤਾਂ, ਆਵਾਜਾਈ ਅਤੇ ਚੰਗੀ ਰਿਹਾਇਸ਼ ਨੂੰ ਯਕੀਨੀ ਬਣਾਇਆ ਜਾਵੇਗਾ। ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਅਤੇ ਹੋਰ ਸਾਰੇ ਗੁਰਦੁਆਰਿਆਂ ਵਿੱਚ ਗੈਸ ਤੇ ਬਿਜਲੀ ਦੀ ਨਿਰੰਤਰ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।”ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 4 ਤੋਂ 14 ਨਵੰਬਰ ਤੱਕ ਹੋਣਗੇ। ਮੁੱਖ ਸਮਾਗਮ 5 ਨਵੰਬਰ ਨੂੰ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਹੋਵੇਗਾ। ਮੀਟਿੰਗ ਵਿੱਚ ਦੱਸਿਆ ਗਿਆ, “ਦੋ-ਪਾਸੜ ਸਮਝੌਤੇ ਤਹਿਤ ਭਾਰਤ ਤੋਂ 3,000 ਸਮੇਤ ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਇਸ ਧਾਰਮਿਕ ਤਿਉਹਾਰ ਵਿੱਚ ਸ਼ਾਮਲ ਹੋਣਗੇ।”
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login