ਢਾਕਾ, 18 ਅਕਤੂਬਰ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਟਰਮੀਨਲ ’ਤੇ ਅੱਜ ਦੁਪਹਿਰ ਵੇਲੇ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ। ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗਿਆ। ਅਧਿਕਾਰੀਆਂ ਨੇ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਇਸ ਅੱਗ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਹੈ ਜਾਂ ਨਹੀਂ। ਇਹ ਪਤਾ ਲੱਗਿਆ ਹੈ ਕਿ ਅੱਗ ਦੁਪਹਿਰ ਦੇ ਸਾਢੇ ਤਿੰਨ ਵਜੇ ਦੇ ਕਰੀਬ ਲੱਗੀ। ਜਾਣਕਾਰੀ ਅਨੁਸਾਰ ਕਾਰਗੋ ਕੰਪਲੈਕਸ ਤੋਂ ਸੰਘਣਾ ਧੂੰਆਂ ਉੱਠਣ ਤੋਂ ਬਾਅਦ ਕਈ ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂ ਤੇ ਅੱਗ ਨੂੰ ਬੁਝਾਉਣ ਦੇ ਯਤਨ ਕੀਤੇ ਪਰ ਖਬਰ ਲਿਖੇ ਜਾਣ ਤਕ ਬਚਾਅ ਤੇ ਰਾਹਤ ਕਾਰਜ ਜਾਰੀ ਸਨ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਗ ਲੱਗਣ ਵਾਲੇ ਖੇਤਰ ਨੂੰ ਸੀਲ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ।

You must be logged in to post a comment Login