ਅੰਮ੍ਰਿਤਸਰ, 16 ਜਨਵਰੀ : ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਿਆਦਾ ਤੇ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ, ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਗਤੀਵਿਧੀ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਆਦਿ ਮਾਮਲਿਆਂ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲ ਤਖ਼ਤ ਸਕੱਤਰੇਤ ’ਚ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ’ਤੇ ਹੁਣ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਬਹੁਤ ਹੀ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ ਹੈ ਅਤੇ ਉਹ ਆਪਣਾ ਪੱਖ ਰੱਖ ਕੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਦੇਗ ਵੀ ਕਰਾਈ।ਸਕੱਤਰੇਤ ’ਚ ਲਗਭਗ 40 ਮਿੰਟ ਚੱਲੀ ਗੱਲਬਾਤ ਦੌਰਾਨ ਮੁੱਖ ਮੰਤਰੀ ਪਾਸੋਂ ਉਨ੍ਹਾਂ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਵਿੱਚ ਲੱਗੇ ਵੱਖ-ਵੱਖ ਦੋਸ਼ਾਂ ਦਾ ਇੱਕ-ਇੱਕ ਕਰ ਕੇ ਸਪੱਸ਼ਟੀਕਰਨ ਲਿਆ ਗਿਆ। ਭਗਵੰਤ ਮਾਨ ਆਪਣੇ ਨਾਲ ਇੱਕ ਬੈਗ ਵੀ ਲੈ ਕੇ ਆਏ ਸਨ ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਅਤੇ ਹੋਰ ਦਸਤਾਵੇਜ਼ ਸ਼ਾਮਲ ਸਨ ਜੋ ਉਨ੍ਹਾਂ ਸਕੱਤਰੇਤ ’ਚ ਸੌਂਪਿਆ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਭਾਵ ਨਾਲ ਪ੍ਰਵਾਨ ਕਰਦਿਆਂ ਇਹ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਵੱਲੋਂ ਬੀਤੇ ਸਮੇਂ ’ਚ ਕੁਝ ਗਲਤ ਬਿਆਨੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ।
ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਅੰਦਰ ਮੌਜੂਦ ਹਰ ਧਰਮ ਦਾ ਤਰਜਮਾਨ ਹੁੰਦਾ ਹੈ ਅਤੇ ਉਨ੍ਹਾਂ ਵੱਲੋਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਠੀਕ ਨਹੀਂ ਹਨ। ਮੁੱਖ ਮੰਤਰੀ ਨੂੰ ਇਸ ਗੱਲ ਤੋਂ ਵਰਜਿਆ ਗਿਆ ਹੈ ਕਿ ਉਹ ਅਗਾਂਹ ਤੋਂ ਸਿੱਖਾਂ ਦੇ ਮਾਮਲਿਆਂ ਬਾਰੇ ਗ਼ਲਤ ਸ਼ਬਦਾਵਲੀ ਨਾ ਵਰਤਣ। ਜਥੇਦਾਰ ਨੇ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਮਦਨ ਅਤੇ ਖ਼ਰਚਿਆਂ ਨਾਲ ਸਬੰਧਤ ਚਿੱਠੀਆਂ ਦਾ ਰਿਕਾਰਡ ਪ੍ਰਕਾਸ਼ਿਤ ਕਰਨ ਵਾਲੇ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਵੀ ਵਿਸ਼ੇਸ਼ ਤੌਰ ਉੱਤੇ ਦਿੰਦਿਆਂ ਆਖਿਆ ਕਿ ਉਹ ਇਨ੍ਹਾਂ ਇਤਿਹਾਸਕ ਦਸਤਾਵੇਜ਼ਾਂ ਨੂੰ ਜ਼ਰੂਰ ਪੜ੍ਹਨ ਅਤੇ ਸਮਝਣ। ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਾਮਲੇ ਉੱਤੇ ਕਿਸੇ ਤਰ੍ਹਾਂ ਦੀ ਵੀ ਕਾਹਲ ਨਹੀਂ ਕਰਨੀ ਚਾਹੀਦੀ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਸਬੰਧੀ ਕੁਝ ਦਸਤਾਵੇਜ਼ ਦਿੱਤੇ ਹਨ ਅਤੇ ਇਨ੍ਹਾਂ ਦੀ ਘੋਖ ਕੀਤੀ ਜਾਵੇਗੀ।
ਅਕਾਲ ਤਖ਼ਤ ਦੀ ਸਰਬਉੱਚਤਾ ’ਚ ਪੂਰਾ ਵਿਸ਼ਵਾਸ: ਭਗਵੰਤ ਮਾਨ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਉਥੋਂ ਦਾ ਹਰ ਫੈਸਲਾ ਸਿਰ-ਮੱਥੇ ਹੈ। ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਬਾਰੇ ਉਹ ਕਦੇ ਵੀ ਨਹੀਂ ਸੋਚ ਸਕਦੇ ਹਨ। ਅਕਾਲ ਤਖ਼ਤ ਸਾਹਿਬ ਸਕੱਤਰੇਤ ’ਚ ਸਪੱਸ਼ਟੀਕਰਨ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਥੇਦਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੇਸ਼ ਹੋਏ ਹਨ ਅਤੇ ਉਹ ਜਥੇਦਾਰ ਦੇ ਹਰ ਫ਼ੈਸਲੇ ਦੀ ਪਾਲਣਾ ਕਰਨਗੇ। ਉਨ੍ਹਾਂ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਬਾਰੇ ਘੜੇ ਜਾ ਰਹੇ ਬਿਰਤਾਂਤ ਨੂੰ ਮੁੱਢੋਂ ਨਕਾਰ ਦਿੱਤਾ। ‘ਆਪ’ ਸਰਕਾਰ ਸਿਰਫ਼ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ’ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ 25 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ। ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਲਾਪਤਾ ਹੋਏ ਸਰੂਪਾਂ ਦਾ ਪਤਾ ਲਾਉਣ ਲਈ ਉਨ੍ਹਾਂ ਵੱਲੋਂ ਪ੍ਰਕਾਸ਼ਿਤ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਨੂੰ ਦਿੱਤਾ ਗਿਆ ਵਿਲੱਖਣ ਕੋਡ ਮੁਹੱਈਆ ਕਰਾਉਣਲਈ ਆਦੇਸ਼ ਜਾਰੀ ਕਰਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ‘ਆਪ’ ਆਗੂ ਬਲਤੇਜ ਸਿੰਘ ਪੰਨੂ ਤੇ ਹੋਰ ਵੀ ਸਨ। ਜਥੇਦਾਰ ਨਾਲ ਹੋਈ ਮੀਟਿੰਗ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਆਮਦ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ।

You must be logged in to post a comment Login