ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ

ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 4 ਦਸੰਬਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਸੇਵਾ ਕਰਦਿਆਂ ਗੋਲੀ ਚਲਾਉਣ ਦੀ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਹਾਜ਼ਰ ਸੇਵਾਦਾਰਾਂ ਵੱਲੋਂ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਵੱਲੋਂ ਚਲਾਈ ਗਈ ਗੋਲੀ ਚਰਨ ਗੰਗਾ ਵਾਲੇ ਹਿੱਸੇ ਵਿੱਚ ਜਾ ਲੱਗੀ ਹੈ, ਇਸ ਬਾਰੇ ਪੁਲੀਸ ਨੂੰ ਡੂੰਘਾਈ ਕਰਨੀ ਚਾਹੀਦੀ ਹੈ ਕਿ ਇਸ ਦੇ ਪਿੱਛੇ ਕੌਣ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸੇਵਾ ਜਾਰੀ ਰੱਖੀ ਗਈ ਹੈ ਅਤੇ ਉਨ੍ਹਾਂ ਪਹਿਰੇਦਾਰ ਦੀ ਸੇਵਾ ਕਰਨ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਮਗਰੋਂ ਲੰਗਰ ਘਰ ਵਿੱਚ ਸੰਗਤ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਹਨ।

ਐੱਸਜੀਪੀਸੀ ਪ੍ਰਧਾਨ ਧਾਮੀ ਵੱਲੋ ਹਮਲੇ ਦੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੇਵਾ ਦੌਰਾਨ ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਗ਼ੈਰ-ਮਨੁੱਖੀ ਹਰਕਤ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ।

You must be logged in to post a comment Login