ਕੈਨੇਡਾ ਵਿਚ ਪੰਜਾਬੀਆਂ ਦੀਆਂ ਮੁਸ਼ਕਿਲਾਂ ’ਚ ਵਾਧਾ
ਵਿਨੀਪੈਗ, 25 ਨਵੰਬਰ (ਸੁਰਿੰਦਰ ਮਾਵੀ) : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖ਼ਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments – LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੱਡੇ ਖ਼ੁਲਾਸੇ ਕਰਦਿਆਂ ਕਿਹਾ ਹੈ ਕਿ ਕੈਨੇਡਾ ਦੀ ਪੱਕੀ ਰਿਹਾਇਸ਼ PR ਲਈ ਐਲ ਐਮ ਆਈਏ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਵੇਲੇ ਬਿਨੈਕਾਰ ਇੱਕ ਐਲ ਐਮ ਆਈ ਏ ਲਈ 50 ਅੰਕ ਜਾਂ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਦੇ ਨਾਂ ’ਤੇ ਲੋਕਾਂ ਨੂੰ ਠਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ ਐਲਐਮਆਈਏ ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ ਐਲਐਮਆਈਏ ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐਲਐਮਆਈਏ ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ।
ਮਾਰਕ ਮਿਲਰ ਨੇ ਵਰਕ ਪਰਮਿਟ ਦੀ ਮਿਆਦ ਵਿਚ ਵਾਧਾ ਕਰਨ ਲਈ ਬਰੈਂਪਟਨ ਵਿਖੇ ਪੱਕੇ ਰੋਸ ਧਰਨੇ ’ਤੇ ਬੈਠੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਟੱਡੀ ਵੀਜ਼ਾ ਤੋਂ ਕੈਨੇਡੀਅਨ ਪੀਆਰ ਤੱਕ ਪਹੁੰਚਣ ਦਾ ਰਾਹ ਕੋਈ ਸੌਖਾ ਰਾਹ ਨਹੀਂ। ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀਆਰ ਹਾਸਲ ਕਰ ਲਵੇਗਾ। ਮਾਰਕ ਮਿਲਰ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਵਿਦਿਆਰਥੀਆਂ ਵਾਸਤੇ ਕਈ ਹਾਂ ਪੱਖੀ ਐਲਾਨ ਵੀ ਕੀਤੇ ਗਏ ਜਿਨ੍ਹਾਂ ਤਹਿਤ ਹਫ਼ਤੇ ਵਿਚ ਕੰਮ ਦਾ ਸਮਾਂ 20 ਘੰਟੇ ਤੋਂ ਵਧਾ ਕੇ 24 ਘੰਟੇ ਕਰ ਦਿੱਤਾ ਗਿਆ ਪਰ ਇਸ ਦੇ ਨਾਲ ਹੀ ਕਾਲਜ ਬਦਲਣ ਦੀ ਸੂਰਤ ਵਿਚ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਅਰਜ਼ੀ ਦਾਖਲ ਕਰਨ ਦਾ ਨਿਯਮ ਵੀ ਲਾਗੂ ਕਰ ਦਿੱਤਾ ਗਿਆ।
ਕੌਮਾਂਤਰੀ ਵਿਦਿਆਰਥੀਆਂ ਦੀ ਕੈਨੇਡਾ ਵਿਚ ਸ਼ਰਨ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੂਜੇ ਪਾਸੇ ਕੈਨੇਡਾ ਵਿਚ ਆਰਜ਼ੀ ਵੀਜ਼ਾ ’ਤੇ ਮੌਜੂਦ ਲੋਕਾਂ ਦੀ ਗਿਣਤੀ 30 ਲੱਖ ਤੋਂ ਟੱਪ ਚੁੱਕੀ ਹੈ ਅਤੇ ਫੈਡਰਲ ਸਰਕਾਰ ਇਸ ਵਿਚ ਵੱਡੀ ਕਟੌਤੀ ਕਰਨਾ ਚਾਹੁੰਦੀ ਹੈ। ਬਗੈਰ ਲਾਇਸੈਂਸ ਤੋਂ ਕੰਮ ਕਰ ਰਹੇ ਇਮੀਗ੍ਰੇਸ਼ਨ ਸਲਾਹਕਾਰ ਇਸ ਦਾ ਸਭ ਤੋਂ ਵੱਧ ਫ਼ਾਇਦਾ ਉਠਾ ਰਹੇ ਹਨ ਅਤੇ ਪੰਜਾਬੀ ਨੌਜਵਾਨਾਂ ਨੂੰ ਐਲਐਮਆਈਏ ਰਾਹੀਂ ਪੱਕੇ ਕਰਵਾਉਣ ਦਾ ਲਾਰਾ ਲਾਇਆ ਜਾਂਦਾ ਹੈ।
You must be logged in to post a comment Login