ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

ਚੰਡੀਗੜ੍ਹ, 6 ਜਨਵਰੀ- ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਸੀ। ਹਾਲਾਂਕਿ, ਐੱਸਕੇਐੱਮ ਆਗੂਆਂ ਨੇ ਰਾਸ਼ਟਰਪਤੀ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ’ਤੇ ਅਫਸੋਸ ਜ਼ਾਹਿਰ ਕੀਤਾ ਹੈ, ਪਰ ਨਾਲ ਉਨ੍ਹਾਂ ਦੀ ਮੰਗ ’ਤੇ ਵਿਚਾਰ ਕਰਨ ਅਤੇ ਲਿਖਤੀ ਜਵਾਬ ਦੇਣ ਲਈ ਰਾਸ਼ਟਰਪਤੀ ਦੀ ਸ਼ਲਾਘਾ ਵੀ ਕੀਤੀ ਹੈ। ਐੱਸਕੇਐੱਮ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਰਾਸ਼ਟਰਪਤੀ ਭਵਨ ਵੱਲੋਂ ਕਿਸਾਨਾਂ ਦੀ ਮੁਲਾਕਾਤ ਲਈ ਸਮਾਂ ਦੇਣ ਸਬੰਧੀ ਮੰਗ ’ਤੇ ਮੁੜ ਤੋਂ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਢਾਬੀ ਗੁੱਜਰਾਂ ਬਾਰਡਰ ’ਤੇ 41 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ, ਜਿਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।

You must be logged in to post a comment Login