ਲੁਧਿਆਣਾ, 3 ਜਨਵਰੀ- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਅੱਜ ਲੁਧਿਆਣਾ ਦੇ ਈਸੜੂ ਭਵਨ ਵਿਚ ਬੈਠਕ ਕਰਕੇ ਕਈ ਅਹਿਮ ਫੈਸਲੇ ਲਏ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਭਲਕੇ 4 ਜਨਵਰੀ ਨੂੰ ਟੋਹਾਣਾ ਤੇ 9 ਜਨਵਰੀ ਨੂੰ ਮੋਗਾ ਵਿੱਚ ਮਹਾਪੰਚਾਇਤ ਕੀਤੀ ਜਾਏਗੀ। ਬੈਠਕ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਸਣੇ ਹੋਰ ਕਈ ਕਿਸਾਨ ਆਗੂ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਉਹ ਖਨੌਰੀ ਬਾਰਡਰ ਉੱਤੇ ਪਿਛਲੇ 39 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੂਰੀ ਹਮਾਇਤ ਕਰਦੇ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਵੱਖੋ ਵੱਖ ਹੋ ਸਕਦੇ ਹਨ, ਪਰ ਉਨ੍ਹਾਂ ਦੀ ਲੜਾਈ ਇਕ ਹੈ।
ਐੱਸਕੇਐੱਮ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਨਾਲ ਹਨ ਤੇ ਜਿੱਥੇ ਲੋੜ ਹੈ ਉਥੇ ਉਨ੍ਹਾਂ ਨਾਲ ਖੜ੍ਹਨਗੇ। ਉਨ੍ਹਾਂ ਕਿਹਾ ਕਿ ਜਦੋਂ ਡੱਲੇਵਾਲ ਕਹਿ ਚੁੱਕੇ ਹਨ ਕਿ ਜੇ ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦਿੰਦੀ ਹੈ ਤਾਂ ਉਹ ਮੈਡੀਕਲ ਏਡ ਲੈਣ ਲਈ ਤਿਆਰ ਹਨ ਤਾਂ ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨ ਆਗੂ ਨਾਲ ਕੋਈ ਰਾਬਤਾ ਕਿਉਂ ਨਹੀਂ ਬਣਾਇਆ। ਇਕ ਸਵਾਲ ਦੇ ਜਵਾਬ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਰਿਆਣਾ ਦੇ ਟੋਹਾਣਾ ਵਿਚ 4 ਜਨਵਰੀ ਲਈ ਪਹਿਲਾਂ ਹੀ ਮਹਾਪੰਚਾਇਤ ਸੱਦ ਚੁੱਕੇ ਸਨ ਜਦੋਂਕਿ ਐੱਸਕੇੇਐੱਮ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚੇ ਨੇ ਖਨੌਰੀ ਬਾਰਡਰ ’ਤੇ ਇਸੇ ਤਰੀਕ ਨੂੰ ਮਹਾਪੰਚਾਇਤ ਸੱਦਣ ਦਾ ਫ਼ੈਸਲਾ ਬਾਅਦ ਵਿਚ ਕੀਤਾ ਤੇ ਇਸ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ।
You must be logged in to post a comment Login